14.1 C
Los Angeles
April 25, 2024
Sanjhi Khabar
Chandigarh Himachal New Delhi Politics Shimla

ਮਿਆਰੀ ਸਿੱਖਿਆ ਹੀ ਸਾਰੀਆਂ ਸਮੱਸਿਆਵਾਂ ਦਾ ਇਕਮਾਤਰ ਹੱਲ: ਭਗਵੰਤ ਮਾਨ

PS MITHA
SIMLA /ਚੰਡੀਗੜ੍ਹ, 11 ਜੂਨ : । ਦੇਸ਼ ਨੂੰ ਲੁੱਟਣ ਲਈ ਕਾਂਗਰਸ ਅਤੇ ਭਾਜਪਾ ’ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਨੀਵਾਰ ਨੂੰ ਕਿਹਾ ਕਿ ਅੰਗਰੇਜ਼ਾਂ ਨੇ ਭਾਰਤ ਨੂੰ 200 ਸਾਲ ਗੁਲਾਮ ਬਣਾਇਆ ਪਰ ਆਜ਼ਾਦੀ ਤੋਂ ਬਾਅਦ ਕਾਂਗਰਸ ਅਤੇ ਭਾਜਪਾ ਨੇ ਸਾਨੂੰ ਵਾਰੋ-ਵਾਰੀ ਪੰਜ-ਪੰਜ ਸਾਲ ਲਈ ਗੁਲਾਮੀ ਵਿਚ ਰੱਖਿਆ।

ਅੱਜ ਇੱਥੇ ਇੱਕ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਨੇ ਲੋਕਾਂ ਦਾ ਪੈਸਾ ਲੁੱਟਣ ਲਈ ਇਕ-ਦੂਜੇ ਨਾਲ ਦੋਸਤਾਨਾ ਮੈਚ ਖੇਡਿਆ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਵਾਂਗ ਇਨ੍ਹਾਂ ਪਾਰਟੀਆਂ ਨੇ ਵੀ ਲੋਕਾਂ ਦੇ ਹੱਕਾਂ ‘ਤੇ ਡਾਕਾ ਮਾਰਿਆ ਪਰ ਲੋਕਾਂ ਕੋਲ ਉਨ੍ਹਾਂ ਨੂੰ ਵਾਰ-ਵਾਰ ਚੁਣਨ ਤੋਂ ਇਲਾਵਾ ਹੋਰ ਕੋਈ ਚਾਰਾ ਵੀ ਨਹੀਂ ਸੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ‘ਆਪ’ ਦੇ ਰੂਪ ‘ਚ ਲੋਕਾਂ ਨੂੰ ਦੇਸ਼ ‘ਚ ਬਦਲਾਅ ਲਿਆਉਣ ਲਈ ਬਦਲ ਮਿਲਿਆ ਹੈ ਅਤੇ ਲੋਕ ‘ਆਪ’ ਨੂੰ ਚੁਣ ਕੇ ਭਾਜਪਾ ਅਤੇ ਕਾਂਗਰਸ ਨੂੰ ਨਾਕਾਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ਤੋਂ ਸ਼ੁਰੂ ਹੋਈ ਬਦਲਾਅ ਦੀ ਹਨੇਰੀ ਨੇ ਪੰਜਾਬ ਵਿਚ ਆਪਣਾ ਪੂਰਾ ਅਸਰ ਦਿਖਾਇਆ ਅਤੇ ਹੁਣ ਇਹ ਸਮੁੱਚੇ ਦੇਸ਼ ਵਿੱਚ ਹੂੰਝਾ ਫੇਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ‘ਆਪ’ ਹਿਮਾਚਲ ਪ੍ਰਦੇਸ਼ ‘ਚ ਵੀ ਸਿਆਸੀ ਝੱਖੜ ਝੁਲਾਉਣ ਲਈ ਤਿਆਰ ਹੈ ਅਤੇ ਕਾਂਗਰਸ ਤੇ ਭਾਜਪਾ ਨੂੰ ਪਹਾੜੀ ਸੂਬੇ ‘ਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਲੋਕਾਂ ਨੂੰ ਇੱਕ ਨਵਾਂ ਅਤੇ ਖੁਸ਼ਹਾਲ ਹਿਮਾਚਲ ਸਿਰਜਣ ਲਈ ਕਾਂਗਰਸ ਅਤੇ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਿੱਥੇ ਸਕੂਲਾਂ ਨੂੰ ਮਿਡ-ਡੇ-ਮੀਲ ਦੀਆਂ ਇਮਾਰਤਾਂ ਵਿੱਚ ਤਬਦੀਲ ਕਰ ਦਿੱਤਾ, ਉੱਥੇ ਹੀ ਦਿੱਲੀ ਅਤੇ ਪੰਜਾਬ ਦੀਆਂ ‘ਆਪ’ ਸਰਕਾਰਾਂ ਨੇ ਉਨ੍ਹਾਂ ਨੂੰ ‘ਸਿੱਖਿਆ ਦੇ ਮੰਦਰ’ ਵਿੱਚ ਬਦਲ ਦਿੱਤਾ, ਜਿੱਥੋਂ ਨੌਕਰੀਆਂ ਦੇਣ ਵਾਲੇ ਪੈਦਾ ਕੀਤੇ ਜਾ ਰਹੇ ਹਨ, ਨਾ ਕਿ ਨੌਕਰੀਆਂ ਮੰਗਣ ਵਾਲੇ। ਮਿਆਰੀ ਸਿੱਖਿਆ ਨੂੰ ਸਾਰੀਆਂ ਸਮੱਸਿਆਵਾਂ ਦਾ ਇਕਮਾਤਰ ਹੱਲ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਅਜਿਹਾ ਸ਼ਕਤੀਸ਼ਾਲੀ ਵਸੀਲਾ ਹੈ ਜੋ ਲੋਕਾਂ ਦਾ ਜੀਵਨ ਨੂੰ ਬਦਲ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਮਿਆਰੀ ਸਿੱਖਿਆ ਰਾਹੀਂ ਆਮ ਆਦਮੀ ਨੂੰ ਸਮਰੱਥਵਾਨ ਬਣਾਉਣ ਲਈ ਲੋਕਾਂ ਨੂੰ ‘ਆਪ’ ਦਾ ਸਮਰਥਨ ਕਰਨਾ ਚਾਹੀਦਾ ਹੈ ਜਿਵੇਂ ਕਿ ਦਿੱਲੀ ਅਤੇ ਪੰਜਾਬ ਵਿਚ ਹੋਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਿਰਫ਼ ਲੀਡਰਾਂ ਦੇ ਬੋਲਣ ਨਾਲ ਗਰੀਬੀ ਦੂਰ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਸਿੱਖਿਆ ਉਹ ਰਸਤਾ ਹੈ ਜੋ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕ ਕੇ ਗੁਰਬਤ ਤੋਂ ਬਾਹਰ ਕੱਢ ਸਕਦਾ ਹੈ।

ਹਿਮਾਚਲ ਪ੍ਰਦੇਸ਼ ਦੇ ਲੋਕਾਂ ਨਾਲ ਭਾਵੁਕ ਸਾਂਝ ਪ੍ਰਗਟਾਉਂਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਦਿਨਾਂ ਨੂੰ ਯਾਦ ਕੀਤਾ ਜਦੋਂ ਉਹ ਸੂਬੇ ਦੇ ਦੌਰੇ ਉਤੇ ਆਉਂਦੇ ਸਨ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਨੌਜਵਾਨ ਬਹੁਤ ਪ੍ਰਤਿਭਾਸ਼ਾਲੀ ਅਤੇ ਕਾਬਲ ਹਨ ਅਤੇ ਹੁਣ ਸਮਾਂ ਆ ਗਿਆ ਹੈ ਜਦੋਂ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਉਨ੍ਹਾਂ ਦੀ ਅਥਾਹ ਸਮਰੱਥਾ ਨੂੰ ਤਲਾਸ਼ਿਆ ਜਾਵੇ।

Related posts

ਬੰਗਲੁਰੂ ਤੋਂ ਜੈਪੁਰ ਦੀ ਉਡਾਣ ‘ਚ ਔਰਤ ਨੇ ਦਿੱਤਾ ਬੱਚੇ ਨੂੰ ਜਨਮ

Sanjhi Khabar

Election of United Pb. and Haryana Journalist Association, PS Mitha became the chairman

Sanjhi Khabar

ਭਾਰਤੀ ਖੇਤਰ ‘ਚ ਦੋ ਵਾਰ ਦਾਖਲ ਹੋਇਆ ਪਾਕਿਸਤਾਨੀ ਡ੍ਰੋਨ, ਬੀ. ਐਸ. ਐਫ. ਵਲੋਂ 82 ਰਾਊਂਡ ਫਾਇਰ

Sanjhi Khabar

Leave a Comment