18.4 C
Los Angeles
April 29, 2024
Sanjhi Khabar
Chandigarh

ਮੁੱਖ ਮੰਤਰੀ ਦੇ ਹੁਕਮਾਂ ‘ਤੇ ਪੰਜਾਬ ਨੇ 30 ਲੱਖ ਏਕੜ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਮਿੱਥਿਆ

PS Mitha
ਚੰਡੀਗੜ੍ਹ, 22 ਮਈ ;-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਦੇ ਖੇਤੀਬਾੜੀ ਵਿਭਾਗ ਨੇ ਸਾਉਣੀ ਦੇ ਮੌਜੂਦਾ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਹੇਠ ਰਕਬਾ ਪਿਛਲੇ ਸਾਲ ਦੇ ਮੁਕਾਬਲੇ ਦੁੱਗਣਾ ਕਰਦੇ ਹੋਏ 30 ਲੱਖ ਏਕੜ (12 ਲੱਖ ਹੈਕਟੇਅਰ) ਰਕਬਾ ਇਸ ਤਕਨੀਕ ਹੇਠ ਲਿਆਉਣ ਦਾ ਟੀਚਾ ਮਿੱਥਿਆ ਹੈ। ਇਸ ਕਦਮ ਦਾ ਉਦੇਸ਼ ਨਵੀਨਤਮ ਤਕਨੀਕ ਰਾਹੀਂ ਧਰਤੀ ਹੇਠਲੇ ਪਾਣੀ ਅਤੇ ਵਾਤਾਵਰਨ ਵਰਗੇ ਬਹੁਮੁੱਲੇ ਕੁਦਰਤੀ ਸਰੋਤਾਂ ਨੂੰ ਬਚਾਉਣਾ ਹੈ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਭਗਵੰਤ ਮਾਨ, ਜਿਨ੍ਹਾਂ ਕੋਲ ਖੇਤੀਬਾੜੀ ਮਹਿਕਮਾ ਵੀ ਹੈ, ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਸਾਲ ਝੋਨੇ ਦੀ ਰਵਾਇਤੀ ਲੁਆਈ ਦੀ ਬਜਾਏ ਲਗਭਗ 12 ਲੱਖ ਹੈਕਟੇਅਰ ਰਕਬੇ ਨੂੰ ਇਸ ਤਕਨੀਕ ਅਧੀਨ ਲਿਆਉਣ ਲਈ ਠੋਸ ਉਪਰਾਲੇ ਕੀਤੇ ਜਾਣ ਜੋ ਬਹੁਤ ਘੱਟ ਸਿੰਚਾਈ ਦੀ ਵਰਤੋਂ ਕਰਦੀ ਹੈ। ਇਹ ਵਿਧੀ ਜ਼ਮੀਨ ਵਿਚ ਪਾਣੀ ਦੇ ਰਿਸਣ ਵਿਚ ਸੁਧਾਰ ਕਰਨ ਦੇ ਨਾਲ-ਨਾਲ ਖਰਚੇ ਘਟਾਉਂਦੀ ਹੈ ਤੇ ਮਿੱਟੀ ਦੀ ਸਿਹਤ ਵਿਚ ਸੁਧਾਰ ਵੀ ਕਰਦੀ ਹੈ। ਇਸ ਨਾਲ ਝੋਨੇ ਅਤੇ ਕਣਕ ਦੇ ਝਾੜ ਵਿਚ ਵੀ 5-10 ਫੀਸਦੀ ਵਾਧਾ ਹੋਵੇਗਾ।

ਕਿਸਾਨਾਂ ਨੂੰ ਡੀ.ਐਸ.ਆਰ. ਰਾਹੀਂ ਝੋਨਾ ਬੀਜਣ ਲਈ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਇਸ ਨਵੀਨਤਮ ਤਕਨੀਕ ਨੂੰ ਅਪਣਾਉਣ ਵਾਲੇ ਕਿਸਾਨਾਂ ਨੂੰ ਉਤਸ਼ਾਹ ਵਜੋਂ 1500 ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ। ਪਾਣੀ ਦੀ ਘੱਟ ਖਪਤ ਅਤੇ ਘੱਟ ਖਰਚੇ ਵਾਲੀ ਇਸ ਤਕਨੀਕ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਵਾਸਤੇ 450 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ।

ਜ਼ਿਕਰਯੋਗ ਹੈ ਕਿ ਇਸ ਸਾਉਣੀ ਸੀਜ਼ਨ ਦੌਰਾਨ ਸੂਬਾ ਭਰ ਦੇ ਕਿਸਾਨ ਬਾਸਮਤੀ ਸਮੇਤ 30 ਲੱਖ ਹੈਕਟੇਅਰ (75 ਲੱਖ ਏਕੜ) ਰਕਬੇ ਵਿੱਚ ਝੋਨਾ ਲਾਉਣਗੇ। ਅੰਕੜਿਆਂ ਅਨੁਸਾਰ ਪਿਛਲੇ ਸਾਲ 15 ਲੱਖ ਏਕੜ (6 ਲੱਖ ਹੈਕਟੇਅਰ) ਰਕਬੇ ਵਿਚ ਡੀ.ਐਸ.ਆਰ. ਰਾਹੀਂ ਝੋਨੇ ਦੀ ਕਾਸ਼ਤ ਕੀਤੀ ਗਈ ਸੀ ਅਤੇ ਇਸ ਸਾਲ 30 ਲੱਖ ਏਕੜ ਦਾ ਟੀਚਾ ਮਿੱਥਿਆ ਗਿਆ ਹੈ।

ਇਸ ਉਦੇਸ਼ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਇਸ ਵਾਤਾਵਰਨ ਪੱਖੀ ਤਕਨੀਕ ਨੂੰ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਖੇਤੀਬਾੜੀ, ਬਾਗਬਾਨੀ, ਮੰਡੀ ਬੋਰਡ ਅਤੇ ਜਲ ਤੇ ਭੂਮੀ ਸੰਭਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਲਗਭਗ 3000 ਅਧਿਕਾਰੀਆਂ/ਕਰਮਚਾਰੀਆਂ ਨੂੰ ਤਾਇਨਾਤ ਕੀਤਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਡੀ.ਐਸ.ਆਰ. ਤਕਨੀਕ ਬਾਰੇ ਇੱਕ ਦਿਨ ਦੀ ਵਿਸ਼ੇਸ਼ ਸਿਖਲਾਈ ਵੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਵੱਲੋਂ 5-7 ਪਿੰਡਾਂ ਦੇ ਕਲੱਸਟਰ ਬਣਾ ਕੇ ਪਿੰਡ ਪੱਧਰੀ ਸਿਖਲਾਈ ਕੈਂਪ ਵੀ ਲਗਾਏ ਜਾ ਰਹੇ ਹਨ।

ਕੁਝ ਖੇਤਰਾਂ ਵਿੱਚ ਸਿੱਧੀ ਬਿਜਾਈ ਵਾਲੇ ਝੋਨੇ ਦੀ ਫ਼ਸਲ ਨੂੰ ਚੂਹਿਆਂ ਵੱਲੋਂ ਨੁਕਸਾਨ ਪਹੁੰਚਾਉਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਖੇਤੀਬਾੜੀ ਵਿਭਾਗ ਨੂੰ ਚੂਹਿਆਂ ਨੂੰ ਕੰਟਰੋਲ ਕਰਨ ਵਾਲੀਆਂ ਕੀਟਨਾਸ਼ਕ ਦਵਾਈਆਂ ਕਿਸਾਨਾਂ ਨੂੰ ਮੁਫ਼ਤ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਉਸ ਪਿੰਡ ਦਾ ਸਬੰਧਤ ਡਿਊਟੀ ਅਫਸਰ ਲੋੜਵੰਦ ਕਿਸਾਨਾਂ ਨੂੰ ਕੀਟਨਾਸ਼ਕ (ਬ੍ਰੋਮੋਡੀਲੋਨ/ਜ਼ਿੰਕਫਾਸਫਾਈਡ) ਵੰਡੇਗਾ।

ਇਸ ਦੌਰਾਨ ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਡੀ.ਐਸ.ਆਰ. ਤਕਨੀਕ ਫਸਲੀ ਚੱਕਰ ਦੌਰਾਨ ਰਵਾਇਤੀ ਵਿਧੀ ਕੱਦੂ ਕਰਨ ਦੇ ਮੁਕਾਬਲੇ ਲਗਭਗ 15-20 ਫੀਸਦੀ ਪਾਣੀ ਦੀ ਬਚਤ ਕਰਨ ਵਿੱਚ ਮਦਦ ਕਰਦੀ ਹੈ।

ਜ਼ਿਕਰਯੋਗ ਹੈ ਕਿ ਸੂਬੇ ਵਿਚ ਝੋਨੇ ਲਾਉਣ ਦੇ ਰਵਾਇਤੀ ਢੰਗ ਨਾਲ ਧਰਤੀ ਹੇਠਲੇ ਪਾਣੀ ਵਿਚ ਚਿੰਤਾਜਨਕ ਗਿਰਾਵਟ ਨੂੰ ਰੋਕਣ ਲਈ ਤੁਰੰਤ ਉਪਰਾਲਿਆਂ ਦੀ ਲੋੜ ਹੈ। ਇਸ ਵੇਲੇ ਜ਼ਮੀਨਦੋਜ਼ ਪਾਣੀ ਦੀ 86 ਸੈਂਟੀਮੀਟਰ ਪ੍ਰਤੀ ਸਾਲ ਦੀ ਦਰ ਨਾਲ ਆ ਰਹੀ ਗਿਰਾਵਟ ਕਾਰਨ ਆਉਣ ਵਾਲੇ 15-20 ਸਾਲਾਂ ਵਿਚ ਸੂਬੇ ਕੋਲ ਧਰਤੀ ਹੇਠਲਾ ਪਾਣੀ ਨਹੀਂ ਰਹੇਗਾ।

—-

Related posts

ਹਰਸਿਮਰਤ ਬਾਦਲ ਵੱਲੋਂ ਚੋਣ ਨਿਸ਼ਾਨ ਤੱਕੜੀ ਦੀ ਤੁਲਨਾ ਬਾਬੇ ਨਾਨਕ ਦੀ ਤੱਕੜੀ ਨਾਲ ਕਰਨਾ ਘੋਰ ਅਪਰਾਧ : ਕੁਲਤਾਰ ਸੰਧਵਾਂ

Sanjhi Khabar

ਚਿੱਟਫੰਡ ਕੰਪਨੀ ਚਲਾਕੇ ਕਰੋੜਾਂ ਰੁਪਏ ਲੈਕੇ ਹੋਏ ਫਰਾਰ ਨੇਚਰ ਹਾਈਟਸ਼ ਕੰਪਨੀ ਦੇ ਮਾਲਕ ਭਗੋੜਾ ਕਰਾਰ

Sanjhi Khabar

ਸੁਖਬੀਰ ਬਾਦਲ ਨੇ ਸਰਕਾਰ ਤੋਂ ਜਾਇਦਾਦ ਟੈਕਸ ਮੁਆਫ ਕਰਨ ਅਤੇ ਵਪਾਰ ਅਤੇ ਉਦਯੋਗ ‘ਤੇ ਇਕ ਸਾਲ ਲਈ ਨਿਰਧਾਰਤ ਬਿਜਲੀ ਚਾਰਜਿਸ ਦੀ ਕੀਤੀ ਮੰਗ

Sanjhi Khabar

Leave a Comment