12.7 C
Los Angeles
May 5, 2024
Sanjhi Khabar
Chandigarh Crime News Politics ਸਾਡੀ ਸਿਹਤ ਪੰਜਾਬ

ਮੁੱਖ ਮੰਤਰੀ ਵੱਲੋਂ ਕੋਵਿਡ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ 9 ਜ਼ਿਲ੍ਹਿਆਂ ਵਿੱਚ ਰਾਤ ਦੇ ਕਰਫਿਊ ਦਾ ਸਮਾਂ ਦੋ ਘੰਟੇ ਵਧਾਉਣ ਦਾ ਐਲਾਨ

Parmeet Mitha
ਕੋਵਿਡ ਦੀ ਖ਼ਤਰਨਾਕ ਸਥਿਤੀ ਨਾਲ ਨਿਪਟਣ ਲਈ ਅਗਲੇ ਦਿਨਾਂ ‘ਚ ਕੁਝ ਹੋਰ ਰੋਕਾਂ ਨਾਲ ਸਖ਼ਤ ਕਦਮ ਚੁੱਕਣ ਦੀ ਚਿਤਾਵਨੀ
ਚੰਡੀਗੜ੍ਹ, 18 ਮਾਰਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਰਾਤ ਦੇ ਕਰਫਿਊ ਦਾ ਸਮਾਂ ਦੋ ਘੰਟੇ ਵਧਾਉਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਆਉਂਦੇ ਕੁਝ ਦਿਨਾਂ ਵਿੱਚ ਕਈ ਹੋਰ ਸਖ਼ਤ ਕਦਮ ਚੁੱਕਣ ਅਤੇ ਰੋਕਾਂ ਲਾਉਣ ਦੀ ਚਿਤਾਵਨੀ ਵੀ ਦਿੱਤੀ ਹੈ।
ਮੁੱਖ ਮੰਤਰੀ ਦੇ ਇਸ ਐਲਾਨ ਨਾਲ ਲੁਧਿਆਣਾ, ਜਲੰਧਰ, ਪਟਿਆਲਾ, ਮੋਹਾਲੀ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਰੋਪੜ ਜ਼ਿਲ੍ਹਿਆਂ ਵਿੱਚ ਹੁਣ ਰਾਤ 11 ਵਜੇ ਤੋਂ ਸਵੇਰੇ 5 ਵਜੇ ਦੀ ਬਜਾਏ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲਾਗੂ ਰਹੇਗਾ। ਇਨ੍ਹਾਂ ਸਾਰੇ ਜ਼ਿਲ੍ਹਿਆਂ ਵਿੱਚ ਰੋਜ਼ਾਨਾ 100 ਤੋਂ ਵੱਧ ਕਰੋਨਾ ਕੇਸ ਸਾਹਮਣੇ ਆ ਰਹੇ ਹਨ। ਮੁੱਖ ਮੰਤਰੀ ਨੇ ਇਹ ਐਲਾਨ ਬੁੱਧਵਾਰ ਨੂੰ ਕੋਵਿਡ ਕੇਸਾਂ ਦੀ ਗਿਣਤੀ 2039 ਤੱਕ ਪਹੁੰਚਣ ਅਤੇ 35 ਮੌਤਾਂ ਹੋ ਜਾਣ ਦੇ ਮੱਦੇਨਜ਼ਰ ਕੀਤਾ ਗਿਆ।
ਆਪਣੀ ਸਰਕਾਰ ਦੇ ਚਾਰ ਵਰ੍ਹੇ ਮੁਕੰਮਲ ਹੋਣ ‘ਤੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕੋਵਿਡ ਦੀ ਸਥਿਤੀ ਨਾਜ਼ੁਕ ਦੌਰ ਵਿੱਚ ਹੈ ਜਿਸ ਕਰਕੇ ਉਹ ਹੋਰ ਵੀ ਸਖ਼ਤੀ ਵਰਤਣ ਜਾ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਗਲੇ ਦਿਨਾਂ ਵਿੱਚ ਸੂਬਾ ਸਰਕਾਰ ਦੀ ਕੋਵਿਡ ਸਬੰਧੀ ਮਾਹਿਰਾਂ ਦੀ ਟੀਮ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਕੱਠਾਂ ‘ਤੇ ਰੋਕਾਂ ਲਾਉਣ ਸਮੇਤ ਕਈ ਹੋਰ ਸਖ਼ਤ ਕਦਮਾਂ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੀ ਸਿਆਸੀ ਇਕੱਠਾਂ ਨੂੰ ਰੋਕਾਂ ਵਿੱਚ ਸ਼ਾਮਲ ਕੀਤਾ ਜਾਵੇਗਾ, ਇਸ ਬਾਰੇ ਵੀ ਸਿਹਤ ਮਾਹਿਰਾਂ ਦੀ ਟੀਮ ਦੀ ਸਲਾਹ ਮੁਤਾਬਕ ਫੈਸਲਾ ਲਿਆ ਜਾਵੇਗਾ।
ਉਨ੍ਹਾਂ ਕਿਹਾ,”ਮੈਂ ਲੋਕਾਂ ਨਾਲ ਨਰਮੀ ਨਹੀਂ ਵਰਤਾਂਗਾ। ਭਾਵੇਂ ਲੋਕਾਂ ਨੂੰ ਇਹ ਚੰਗਾ ਨਾ ਲੱਗੇ ਪਰ ਇਹ ਮੇਰਾ ਫਰਜ਼ ਹੈ।” ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਰੋਜ਼ਾਨਾ ਦੇ ਕੇਸਾਂ ਦੀ ਗਿਣਤੀ 3000 ਤੋਂ ਨਹੀਂ ਵਧੇਗੀ ਜਿਵੇਂ ਕਿ ਕੁਝ ਮਾਹਿਰਾਂ ਨੇ ਅਨੁਮਾਨ ਲਾਇਆ ਹੈ। ਉਨ੍ਹਾਂ ਨੇ ਇਹ ਵੀ ਉਮੀਦ ਪ੍ਰਗਟਾਈ ਕਿ ਸਮੂਹ ਪੰਜਾਬੀ ਰੋਕਾਂ ਦੀ ਪਾਲਣਾ ਕਰਨ ਵਿੱਚ ਸਹਿਯੋਗ ਕਰਨਗੇ। ਉਨ੍ਹਾਂ ਨੇ ਨਾਗਿਰਕਾਂ ਨੂੰ ਅਪੀਲ ਕੀਤੀ,” ਰੱਬ ਦੇ ਵਾਸਤੇ, ਪੰਜਾਬੀਆਂ ਦੀ ਜਾਨ ਬਚਾਓ।”
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਕਸੀਜਨ ਵਾਲੇ ਵੱਧ-ਨਿਰਭਰ ਯੂਨਿਟਾਂ ਵਿੱਚ 283 ਕੋਵਿਡ ਮਰੀਜ਼ ਅਤੇ 27 ਹੋਰ ਮਰੀਜ਼ ਵੈਂਟੀਲੇਟਰ ‘ਤੇ ਹਨ ਜਿਸ ਕਰਕੇ ਸਥਿਤੀ ਬਹੁਤ ਖ਼ਤਰਨਾਕ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੀ ਸਿਹਤ ਥੋੜ੍ਹੀ ਜਿਹੀ ਵੀ ਨਾਸਾਜ਼ ਹੁੰਦੀ ਮਹਿਸੂਸ ਹੁੰਦੀ ਹੈ ਤਾਂ ਉਹ ਤੁਰੰਤ ਡਾਕਟਰ ਕੋਲ ਜਾਣ ਅਤੇ ਆਪਣਾ ਟੈਸਟ ਕਰਵਾਉਣ। ਉਨ੍ਹਾਂ ਕਿਹਾ ਕਿ ਸਮੱਸਿਆ ਇਸ ਗੱਲ ‘ਤੇ ਹੈ ਕਿ ਲੋਕ ਹਸਪਤਾਲ ਬਹੁਤ ਦੇਰੀ ਨਾਲ ਜਾ ਰਹੇ ਹਨ। ਉਨ੍ਹਾਂ ਨੇ ਸਮੂਹ ਨਾਗਰਿਕਾਂ ਨੂੰ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਬਰਕਰਾਰ ਰੱਖਣ ਦੀ ਅਪੀਲ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਲੋੜ ਪਈ ਤਾਂ ਜੁਰਮਾਨੇ ਵਿੱਚ ਵਾਧਾ ਕੀਤਾ ਜਾ ਸਕਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਦੀ ਸਰਕਾਰ ਕਰੋਨਾ ਵਾਇਰਸ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ ਪਰ ਉਨ੍ਹਾਂ ਨੂੰ ਉਮੀਦ ਹੈ ਕਿ ਕੇਂਦਰ ਸਰਕਾਰ ਵੱਲੋਂ ਬੁਰੀ ਤਰ੍ਹਾਂ ਪ੍ਰਭਾਵਿਤ ਇਲਾਕਿਆਂ ਵਿੱਚ ਨੌਜਵਾਨਾਂ ਅਤੇ ਜਨਤਕ ਤੌਰ ‘ਤੇ ਵਾਹ-ਵਾਸਤਾ ਰੱਖਣ ਵਾਲੇ ਸਾਰੇ ਲੋਕਾਂ ਦੇ ਟੀਕਾਕਰਨ ਲਈ ਉਨ੍ਹਾਂ ਦੇ ਸੁਝਾਅ ਨੂੰ ਪ੍ਰਵਾਨਗੀ ਦੇ ਦਿੱਤੀ ਜਾਵੇਗੀ। ਇਹ ਸੁਝਾਅ ਉਨ੍ਹਾਂ ਨੇ ਬੀਤੇ ਦਿਨ ਪ੍ਰਧਾਨ ਮੰਤਰੀ ਨਾਲ ਮੀਟਿੰਗ ਦੌਰਾਨ ਰੱਖਿਆ ਸੀ।
ਇਹ ਪੁੱਛੇ ਜਾਣ ‘ਤੇ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੱਲੋਂ ਤੀਰਥ ਯਾਤਰਾ ਅਤੇ ਧਾਰਮਿਕ ਉਦੇਸ਼ ਲਈ ਪੰਜਾਬ ਤੋਂ ਆਉਂਦੇ ਲੋਕਾਂ ‘ਤੇ ਰੋਕਾਂ ਲਾਉਣ ਦੀ ਮੰਗ ਕੀਤੇ ਜਾਣ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਧਾਰਮਿਕ ਯਾਤਰਾਵਾਂ ‘ਤੇ ਰੋਕ ਲਾਉਣ ਦੇ ਹੱਕ ਵਿੱਚ ਨਹੀਂ ਹਨ ਪਰ ਕੋਵਿਡ ਦੀ ਸਮੱਸਿਆ ‘ਤੇ ਕਾਬੂ ਪਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਦੋਂ ਇਸ ਮਸਲੇ ‘ਤੇ ਉਨ੍ਹਾਂ ਨੂੰ ਗੁਆਂਢੀ ਸੂਬੇ ਦੇ ਮੁੱਖ ਮੰਤਰੀ ਪਾਸੋਂ ਰਸਮੀ ਪੱਤਰ ਮਿਲਦਾ ਹੈ ਤਾਂ ਉਹ ਉਸ ਵੇਲੇ ਢੁਕਵਾਂ ਫੈਸਲਾ ਲੈਣਗੇ।
ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਫੋਨ ਕੀਤਾ ਸੀ ਅਤੇ ਉਨ੍ਹਾਂ ਦੇ ਇਲਾਜ ਵਿੱਚ ਕਿਸੇ ਤਰ੍ਹਾਂ ਦੀ ਮਦਦ ਦੀ ਪੇਸ਼ਕਸ਼ ਕੀਤੀ ਸੀ ਜੋ ਕੋਵਿਡ ਪਾਜ਼ੇਟਿਵ ਪਾਏ ਗਏ ਅਤੇ ਉਸ ਵੇਲੇ ਫੋਰਟਿਸ ਮੋਹਾਲੀ ਵਿੱਚ ਜੇਰੇ ਇਲਾਜ ਸਨ। ਇਸ ਤੋਂ ਬਾਅਦ ਸੁਖਬੀਰ ਬਾਦਲ ਨੂੰ ਗੁੜਗਾਉਂ ਦੇ ਮੇਦਾਂਤਾ ਹਸਪਤਾਲ ਵਿੱਚ ਸ਼ਿਫਟ ਕਰ ਦਿੱਤਾ ਗਿਆ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਸੁਖਬੀਰ ਅਤੇ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਦੇ ਆਪਣੇ ਕਈ ਹੋਰ ਕੈਬਨਿਟ ਸਾਥੀ, ਪਾਰਟੀ ਵਿਧਾਇਕ ਅਤੇ ਅਧਿਕਾਰੀ ਛੇਤੀ ਹੀ ਸਿਹਤਯਾਬ ਹੋਣਗੇ।

Related posts

ਬੇਅਦਬੀ ਮਾਮਲਾ : ਸ੍ਰੀ ਅਕਾਲ ਤਖ਼ਤ ਜਥੇਦਾਰ ਨੇ SIT ‘ਤੇ ਚੁੱਕੇ ਸਵਾਲ- ‘ਨਵੇਂ ਚਲਾਨ ‘ਚੋਂ ਕਿਉਂ ਹਟਾਇਆ ਡੇਰਾ ਮੁਖੀ ਦਾ ਨਾਂ?’

Sanjhi Khabar

ਸਿੱਧੂ ਸਾਥੀਆਂ ਸਮੇਤ ਰਾਜ ਭਵਨ ਅੱਗੇ ਗ੍ਰਿਫਤਾਰ, ਕਿਸਾਨਾਂ ਦੇ ਕਾਤਲਾਂ ਵਿਰੁੱਧ ਸਖਤ ਕਾਰਵਾਈ ਦੀ ਮੰਗ

Sanjhi Khabar

ਟਰੱਕ ਡਰਾਈਵਰ ਤੋਂ 9 ਲੱਖ ਦੀ ਨਕਦੀ ਲੁੱਟਣ ਤੋਂ ਬਾਅਦ ਹੱਤਿਆ

Sanjhi Khabar

Leave a Comment